ਕੈਪਟਨ ਨੇ ਆਪਣੀ ਫੋਟੋ ਵਾਲੇ ਸਰਟੀਫਿਕੇਟ ਵੰਡਕੇ ਕੀਤੀ ਕਰਜ਼ਾ ਮੁਆਫੀ ਦੀ ਸ਼ੁਰੂਆਤ

376
Start Ad

ਮਾਨਸਾ, 7 ਜਨਵਰੀ (ਸੁਖਜੀਤ ਕੋਟਲੀ)।  ਅਕਾਲੀ-ਭਾਜਪਾ ਹਕੂਮਤ ਦੌਰਾਨ ਬਾਦਲਾਂ ਵੱਲੋਂ ਭਲਾਈ ਸਕੀਮਾਂ ਵਾਲੇ ਕਾਰਡਾਂ ਅਤੇ ਖੇਡ ਕਿੱਟਾਂ ਆਦਿ ‘ਤੇ ਲਗਾਈਆਂ ਜਾਂਦੀਆਂ ਫੋਟੋਆਂ ਦੀ ਨਿੰਦਿਆਂ ਕਰਨ ਵਾਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੱਜ ਕਰਜ਼ਾ ਮੁਆਫੀ ਯੋਜਨਾ ਦੀ ਸ਼ੁਰੂਆਤ ਆਪਣੀ ਫੋਟੋ ਵਾਲੇ ਸਰਟੀਫਿਕੇਟ ਵੰਡ ਕੇ ਕਰ ਦਿੱਤੀ ਹੈ ਇਸ ਮੌਕੇ ਮੁੱਖ ਮੰਤਰੀ ਨੇ ਸੰਕੇਤ ਰੂਪ ਵਿੱਚ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੋਸਾਇਟੀਆਂ ਦੇ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ। ਇਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਇਹ ਪੈਸਾ ਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਕੀਤੇ ਵਾਅਦੇ ਬਾਰੇ ਅਕਾਲੀਆਂ, ਆਮ ਆਦਮੀ ਪਾਰਟੀ ਅਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਝੂਠੇ ਭੰਡੀ ਪ੍ਰਚਾਰ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਇਹ ਵਾਅਦਾ ਪੂਰਾ ਕਰਨ ਲਈ ਅੱਜ ਕੈਪਟਨ ਸਰਕਾਰ ਨੇ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਬਰਨਾਲਾ ਦੇ ਇਕ ਕਿਸਾਨ ਵੱਲੋਂ ਕੱਲ੍ਹ ਕੀਤੀ ਗਈ ਖੁਦਕੁਸ਼ੀ ਦਾ ਜ਼ਿਕਰ ਕੀਤਾ ਜਿਸ ਦੇ ਬਾਰੇ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਨੇ ਪ੍ਰਚਾਰ ਕੀਤਾ ਸੀ ਕਿ ਉਸ ਕਿਸਾਨ ਨੇ ਖੁਦਕੁਸ਼ੀ ਕਰਜ਼ਾ ਮੁਆਫੀ ਸੂਚੀ ‘ਚ ਆਪਣਾ ਨਾਂਅ ਨਾ ਹੋਣ ਕਾਰਨ ਕੀਤੀ ਹੈ ਕੈਪਟਨ ਨੇ ਸਪੱਸ਼ਟ ਤੌਰ ‘ਤੇ ਇਸ ਗੱਲੋਂ ਇਨਕਾਰ ਕੀਤਾ ਹੈ ਕਿ ਉਸ ਕਿਸਾਨ ਨੇ ਕਰਜ਼ਾ ਮੁਆਫੀ ਦੀ ਸੂਚੀ ਵਿੱਚ ਆਪਣਾ ਨਾਂ ਨਾ ਆਉਣ ਕਾਰਨ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਦਾ ਨਾਂ ਸੂਚੀ ਵਿੱਚ ਸ਼ਾਮਲ ਸੀ ਜਿਸ ਦੇ ਬਾਰੇ ਵਿਰੋਧੀਆਂ ਨੇ ਆਪਦੇ ਸੌੜੇ ਸਿਆਸੀ ਹਿੱਤਾਂ ਲਈ ਭੰਡੀ ਪ੍ਰਚਾਰ ਦੀ ਝੂਠੀ ਮੁਹਿੰਮ ਸ਼ੁਰੂ ਕੀਤੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜੋ ਦੇਣ ਦੇ ਸਮਰਥ ਹੈ, ਉਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਵੱਡਾ ਵਿੱਤੀ ਸੰਕਟ ਦਰਪੇਸ਼ ਹੈ ਅਤੇ ਚੋਣਾਂ ਤੋਂ ਪਹਿਲੋਂ ਕਾਂਗਰਸ ਵੱਲੋਂ ਲਾਏ ਗਏ ਅਨੁਮਾਨ ਨਾਲੋਂ ਵੀ ਇਹ ਸੰਕਟ ਜ਼ਿਆਦਾ ਡੂੰਘਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਲਈ ਰਾਹ ਕੱਢਿਆ ਹੈ ਜਿਸ ਬਾਰੇ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਇਸ ਮੌਕੇ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲ੍ਹਿਆਂ ਦੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ 701 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੋਸਾਇਟੀਆਂ ਦੇ ਕੋਲੋਂ ਤਕਰੀਬਨ 47,000 ਕਿਸਾਨਾਂ ਨੇ ਕਰਜ਼ਾ ਲਿਆ ਹੈ। ਇਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਇਹ ਪੈਸਾ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਉਨ੍ਹਾਂ ਕਿਸਾਨੀ ਸਮੱਸਿਆਵਾਂ ਦੇ ਹੱਲ ਕਰਨ ਪ੍ਰਤੀ ਇਕ ਕਦਮ ਹੈ ਜਿਸ ਦੇ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਪਹਿਲੇ ਪੜਾਅ ਦੌਰਾਨ 5.63 ਲੱਖ ਕਿਸਾਨਾਂ ਨੂੰ ਲਾਭ ਪਹੁੰਚੇਗਾ ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਕੁਝ ਤਕਨੀਕੀ ਨੁਕਸਾਂ ਕਾਰਨ ਕੁਝ ਕਿਸਾਨ ਇਸ ਸਕੀਮ ‘ਚੋਂ ਬਾਹਰ ਰਹਿ ਜਾਣ ਦੀ ਗੱਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਵੀ ਸੁਲਝਾਇਆ ਜਾ ਰਿਹਾ ਹੈ ਅਤੇ ਜਿਨ੍ਹਾਂ ਦੀਆਂ ਅਜੇ ਵੀ ਕਿਸੇ ਤਰ੍ਹਾਂ ਦੀਆਂ ਸ਼ਿਕਾਇਤਾਂ ਹਨ ਉਹ ਸਬੰਧਤ ਐਸ.ਡੀ.ਐਮ. ਜਾਂ ਡੀ.ਸੀ. ਕੋਲ ਪਹੁੰਚ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਇਨ੍ਹਾਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦਾ ਨਿਰਦੇਸ਼ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਸਕੀਮ ਵਿੱਚ ਕਿਸੇ ਵੀ ਯੋਗ ਕਿਸਾਨ ਨੂੰ ਬਾਹਰ ਨਹੀਂ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮੁਆਫੀ ਦੀ ਸਮੁੱਚੀ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਮੁਕੰਮਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਇਸ ਦੇ ਵਾਸਤੇ ਆਪਣੇ ਸਿਰ ‘ਤੇ ਹੀ ਢੰਗ ਤਰੀਕੇ ਲੱਭੇਗੀ ਕਿਉਂਕਿ ਇਸ ਨੂੰ ਕੇਂਦਰ ਸਰਕਾਰ ਤੋਂ ਕੋਈ ਵੀ ਮਦਦ ਨਹੀਂ ਮਿਲ ਰਹੀ। ਉਨ੍ਹਾਂ ਨੇ ਕਰਜ਼ੇ ਮੁਆਫ ਕਰਨ ਸਬੰਧੀ ਕੇਂਦਰ ਦੀ ਸਹਾਇਤਾ ਪ੍ਰਾਪਤ ਕਰਨ ਵਾਸਤੇ ਨਿੱਜੀ ਤੌਰ ‘ਤੇ ਬਹੁਤ ਸਾਰੀਆਂ ਕੇਂਦਰ ਨਾਲ ਮੀਟਿੰਗਾਂ ਕੀਤੀਆਂ ਹਨ ਪਰ ਉਸ ਨੇ ਇਸ ਮਾਮਲੇ ‘ਤੇ ਸੂਬੇ ਨੂੰ ਕੋਈ ਮਦਦ ਨਹੀਂ ਦਿੱਤੀ। ਇਸ ਦੇ ਬਾਵਜੂਦ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਇਹ ਅਹਿਮ ਵਾਅਦੇ ਨੂੰ ਅਮਲੀਜਾਮਾ ਪਹਿਣਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸਬੰਧ ਵਿੱਚ ਘਟੀਆ ਸਿਆਸਤ ਖੇਡਦੇ ਰਹੇ ਜਦਕਿ ਕੈਪਟਨ ਸਰਕਾਰ ਨੇ ਇਸ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਅਤੇ ਸੰਜੀਦਗੀ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਨੇ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਪੂਰਾ ਨਹੀਂ ਕਰੇਗਾ ਅਤੇ ਹੁਣ ਉਸੇ ਗੱਲ ‘ਤੇ ਪਰਦਾ ਪਾਉਣ ਲਈ ਇਹ ਆਖ ਰਹੇ ਹਨ ਕਿ ਦੋ ਲੱਖ ਰੁਪਏ ਤੱਕ ਦੀ ਰਾਹਤ ਕਿਸਾਨਾਂ ਲਈ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਪਾਰਟੀਆਂ ਦੀ ਤਰ੍ਹਾਂ ਕਾਂਗਰਸ ਪਾਰਟੀ ਝੂਠੇ ਵਾਅਦਿਆਂ ਦੀ ਸਿਆਸਤ ਨਹੀਂ ਕਰਦੀ। ਜਾਖੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ 90,000 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਸੀ ਅਤੇ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਮੱਧ ਪ੍ਰਦੇਸ਼, ਮਾਹਾਰਾਸ਼ਟਰਾ ਅਤੇ ਰਾਜਸਥਾਨ ਵਰਗਿਆਂ ਸੂਬਿਆਂ ਨੂੰ ਵੀ ਅਜਿਹਾ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਕਿਸਾਨਾਂ ਦੀ ਪੀੜਾ ਨੂੰ ਮਹਿਸੂਸ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ 10 ਮਹੀਨਿਆਂ ਵਿੱਚ ਹੀ ਉਹ ਸਭ ਕੁਝ ਕਰਕੇ ਦਿਖਾ ਦਿੱਤਾ ਹੈ ਜੋ ਅਕਾਲੀ 10 ਸਾਲਾਂ ਵਿੱਚ ਵੀ ਕਰਨ ਤੋਂ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਿਰਫ ਪੈਸੇ ਦੇ ਭੁੱਖੇ ਸਨ ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਮੁੱਦਿਆਂ ਦਾ ਸਿਆਸੀਕਰਨ ਕੀਤਾ ਹੈ। ਅਸਲ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਸੱਤਾਧਾਰੀ ਪਾਰਟੀ ਨੂੰ ਸਮਰਥਨ ਦੇਣਾ ਚਾਹੀਦਾ ਹੈ। ਜਾਖੜ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ। ਆਪਣੇ ਸਵਾਗਤੀ ਭਾਸ਼ਣ ਵਿੱਚ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਮਾੜੀ ਵਿੱਤੀ ਸਿਹਤ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇਣ ਦੀ ਕੀਤੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਇਸ ਮੌਕੇ ਧੰਨਵਾਦ ਦਾ ਮੱਤਾ ਪੇਸ਼ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਮੰਤਰੀਆਂ ਦੀ ਸਮੁੱਚੀ ਟੀਮ ਅਤੇ ਪਾਰਟੀ ਵਿਧਾਇਕ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹਨ। ਇਸ ਮੌਕੇ ਮੁੱਖ ਮੰਤਰੀ ਨੇ 16,000 ਕਿਲੋਮੀਟਰ ਲੰਮੀਆਂ ਸੰਪਰਕ ਸੜਕਾਂ ਦੀ ਮਰੰਮਤ ਅਤੇ ਪੱਧਰ ਉੱਚਾ ਚੁੱਕਣ ਵਾਲੇ ਇਕ ਵਿਸ਼ਾਲ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਉੱਤੇ 2000 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰੋਜੈਕਟ ਪੰਜਾਬ ਮੰਡੀ ਬੋਰਡ ਵੱਲੋਂ ਚਲਾਇਆ ਜਾਵੇਗਾ ਅਤੇ 31 ਮਾਰਚ 2019 ਤੱਕ ਮੁਕੰਮਲ ਹੋਵੇਗਾ।

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਹਲਕਾ ਮਾਨਸਾ ਦੀ ਇੰਚਾਰਜ ਡਾ. ਮਨੋਜ ਬਾਲਾ, ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ਵਿਧਾਇਕ, ਆਗੂ ਅਤੇ ਵਰਕਰ ਸ਼ਾਮਲ ਸਨ।
 

ਕਰਜ਼ਾ ਮੁਆਫੀ ਸਕੀਮ ਨੂੰ ਦੱਸਿਆ ਭਾਜਪਾ ਤੋਂ ਬਿਹਤਰ
ਕੈਪਟਨ ਅਮਰਿੰਦਰ ਸਿੰਘ ਨੇ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਕੇਵਲ ਭਾਰਤੀ ਜਨਤਾ ਪਾਰਟੀ ਦੇ ਸ਼ਾਸਨ ਸਣੇ ਹੋਰਨਾਂ ਸੂਬਿਆਂ ਵੱਲੋਂ ਕੀਤੀ ਗਈ ਕਰਜ਼ਾ ਮੁਆਫੀ ਤੋਂ ਵੱਧ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਸਗੋਂ ਅਜਿਹਾ ਭਾਰੀ ਵਿੱਤੀ ਸੰਕਟ ਦੇ ਬਾਵਜੂਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮਾਹਾਰਾਸ਼ਟਰ ਦੀ ਮਿਸਾਲ ਦਿੱਤੀ ਜਿੱਥੇ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਉਤਰ ਪ੍ਰਦੇਸ਼ ਵੱਲੋਂ ਇਕ ਲੱਖ ਰੁਪਏ ਤੱਕ, ਰਾਜਸਥਾਨ ਵੱਲੋਂ 50 ਹਜ਼ਾਰ ਰੁਪਏ ਤੱਕ, ਮੱਧ ਪ੍ਰਦੇਸ਼ ਵੱਲੋਂ ਇਕ ਲੱਖ ਰੁਪਏ ਤੱਕ ਅਤੇ ਕਰਨਾਟਕਾ ਵੱਲੋਂ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦੇ ਕੀਤੇ ਗਏ ਐਲਾਨ ਦੀ ਵੀ ਉਨ੍ਹਾਂ ਨੇ ਮਿਸਾਲ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਉਨ੍ਹਾਂ ਦੀ ਸਰਕਾਰ ਨੇ ਇਕ ਹੋਰ ਵੱਡਾ ਵਾਅਦਾ ਪੂਰਾ ਕਰ ਦਿੱਤਾ ਹੈ।

 

ਕੈਪਟਨ ਨੇ ਖੁਦ ਸਮੇਤ ਬਾਦਲ ਨੂੰ ਦੱਸਿਆ ਵੱਡਾ ਕਿਸਾਨ

ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹ ਖੁਦ ਨਿੱਜੀ ਤੌਰ ‘ਤੇ ਇਸ ਤੇ ਨਿਗਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੂਬੇ ਦੇ ਗਰੀਬ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਪਹੁੰਚੇ ਜਿਨ੍ਹਾਂ ਦੇ 17.5 ਲੱਖ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਹੇਠ 10.25 ਲੱਖ ਕਿਸਾਨਾਂ ਨੂੰ ਲਿਆਂਦਾ ਜਾ ਰਿਹਾ ਹੈ ਅਤੇ ਸਿਰਫ ਵੱਡੇ ਕਿਸਾਨ ਹੀ ਇਸ ਵਿੱਚੋਂ ਬਾਹਰ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਕ ਵੱਡਾ ਕਿਸਾਨ ਹੈ ਅਤੇ ਉਨ੍ਹਾਂ ਵਰਗੇ ਪ੍ਰਕਾਸ਼ ਸਿੰਘ ਬਾਦਲ ਸਣੇ ਹੋਰ ਵੀ ਕਈ ਕਿਸਾਨ ਹਨ ਜੋ ਕਿ ਆਪਣਾ ਭਾਰ ਆਪ ਚੁੱਕ ਸਕਦੇ ਹਨ।

End Ad