ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਸੰਭਾਲਣ ਹਿੱਤ ਕਿਸਾਨਾਂ ਨੂੰ ਦਿੱਤੇ 844 ਆਧੁਨਿਕ ਤਕਨੀਕ ਵਾਲੇ ਖੇਤੀਬਾੜੀ ਸੰਦ 

91
Start Ad

ਫ਼ਿਰੋਜ਼ਪੁਰ 30 ਅਗਸਤ : ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਸੰਭਾਲਣ ਹਿੱਤ ਕਿਸਾਨਾਂ ਨੂੰ 844 ਵੱਖ-ਵੱਖ ਤਰ੍ਹਾਂ ਦੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਖੇਤਾਂ ਵਿੱਚ ਹੀ ਰਲਾਉਣ ਦੇ ਮਕਸਦ ਨਾਲ 134  ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਰਲਾਉਣ ਹਿੱਤ ਸਾਲ 2018-19 ਦੌਰਾਨ ਜ਼ਿਲ੍ਹੇ ਅੰਦਰ 844 ਵੱਖ-ਵੱਖ ਤਰ੍ਹਾਂ ਦੇ ਆਧੁਨਿਕ ਤਕਨੀਕ ਨਾਲ ਲੈਸ ਖੇਤੀਬਾੜੀ ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਵਰਤੋਂ ਕਰਨ ਨਾਲ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਸਗੋਂ ਉਸ ਨੂੰ ਇਨ੍ਹਾਂ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਵਿੱਚ ਹੀ ਰਲਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਲਿਆਉਣ ਲਈ 134 ਕੈਂਪ ਲਗਾ ਕੇ 22731 ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਾਲ 2018-19 ਦੌਰਾਨ  ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ 2, ਬਲਾਕ ਪੱਧਰ ਤੇ 12 ਅਤੇ ਪਿੰਡ ਪੱਧਰ ‘ਤੇ 120 ਕੈਂਪ ਲਗਾ ਕੇ 22731 ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚ 67 ਜਾਗਰੂਕਤਾ ਕੈਂਪ ਅਤੇ 74000 ਜਾਗਰੂਕਤਾ ਪੋਸਟਰ ਲਗਾ ਕੇ ਜਾਗਰੂਕਤਾ ਪੈਦਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕੁੱਲ 844 ਆਧੁਨਿਕ ਤਕਨੀਕ ਵਾਲੇ ਸੰਦ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਵਿੱਚ ਕੰਬਾਈਨ ਨੂੰ ਲੱਗਣ ਵਾਲੇ ਐਸ.ਐਮ.ਐਸ., ਹੈਪੀ ਸੀਡਰ, ਪਲੋਅ, ਮਲਚਰ, ਚੌਪਰ, ਜ਼ੀਰੋ ਡਰਿੱਲ, ਰੋਟਾਵੇਟਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਦਾਂ ਦੀ ਮਦਦ ਨਾਲ ਕਿਸਾਨ ਆਪਣੀ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਆਪਣੀ ਜ਼ਮੀਨ ਵਿੱਚ ਹੀ ਰਲਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਅ ਸਕਦੇ ਹਨ ਅਤੇ ਆਪਣੇ ਖੇਤ ਦੀ ਉਪਜਾਊ ਸ਼ਕਤੀ ਵੀ ਵਧਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਫ਼ਿਰੋਜ਼ਪੁਰ ਵਿੱਚ 90, ਬਲਾਕ ਘੱਲਖੁਰਦ 274, ਬਲਾਕ ਮਮਦੋਟ 27, ਬਲਾਕ ਗੁਰੂਹਰਸਹਾਏ 69, ਬਲਾਕ ਜ਼ੀਰਾ 272 ਅਤੇ ਮੱਖੂ ਬਲਾਕ ਵਿੱਚ 112 ਖੇਤੀਬਾੜੀ ਦੇ ਸੰਦ ਦਿੱਤੇ ਗਏ ਹਨ।

End Ad